ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਸਾਨੂੰ ਮਾਨਵਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਗੁਰੂ ਸਾਹਿਬਾਨਾਂ ਦੀ ਬਾਣੀ ਜਿਥੇ ਸਾਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ ਉਥੇ ਜਾਤ ਪਾਤ ਤੋਂ ਉਪਰ ਉਠ ਕੇ ਲੋੜਵੰਦਾਂ ਦੀ ਮਦਦ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਵੀ ਦਿੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੇ ਵਿਸ਼ੇਸ਼ ਯਤਨਾ ਸਦਕਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਅਤੇ ਇਲਾਹੀ ਬਾਣੀ ਦੇ ਕਰਵਾਏ ਗਏ ਕੀਰਤਨ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ। ਇਥੇ ਇਹ ਵਰਨਣਯੋਗ ਹੈ ਕਿ ਜ਼ਿਲ੍ਹਾ ਪੁਲਿਸ ਵੱਲੋਂ ਪੁਲਿਸ ਲਾਈਨ ਮਹਾਦੀਆਂ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੁਲ੍ਹੇ ਪੰਡਾਲ ਵਿੱਚ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜੂਰੀ ਰਾਗੀ ਭਾਈ ਆਕਾਸ਼ਦੀਪ ਸਿੰਘ ਦੇ ਜੱਥੇ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਕਿਹਾ ਕਿ ਸਾਨੂੰ ਆਪਣੇ ਜੀਵਨ ਨੂੰ ਉਚਾ ਤੇ ਸੁੱਚਾ ਬਣਾਉਣ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਬਾਣੀ 'ਤੇ ਅਮਲ ਕਰਨ ਦੀ ਲੋੜ ਹੈ ਕਿਉਂਕਿ ਗੁਰਬਾਣੀ ਸਾਨੂੰ ਜਿਥੇ ਆਦਰਸ਼ ਜੀਵਨ ਜਿਊਣ ਦੀ ਸੇਧ ਦਿੰਦੀ ਹੈ ਉਥੇ ਦੂਜਿਆਂ ਦੀ ਭਲਾਈ ਲਈ ਵੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਇਹ ਇੱਕ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਸਮਾਜ ਵਿੱਚ ਗੁੁਰਬਾਣੀ ਦੇ ਸੰਦੇਸ਼ ਰਾਹੀਂ ਸਮਾਜਿਕ ਕੁਰੀਤੀਆਂ ਦਾ ਖਾਤਮਾ ਕੀਤਾ ਜਾ ਸਕੇ।ਇਸ ਮੌਕੇ ਡੀ.ਐਸ.ਪੀ. (ਹੈ/ਕੁ) ਸ਼੍ਰੀ ਹਰਦੀਪ ਸਿੰਘ ਬਡੂੰਗਰ ਨੇ ਦੱਸਿਆ ਕਿ ਸ਼੍ਰੀ ਅਖੰਡ ਪਾਠ ਸਾਹਿਬ ਸਮੁੱਚੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਹੈ ਅਤੇ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਉਣ ਦਾ ਪ੍ਰਬੰਧ ਵੀ ਜ਼ਿਲ੍ਹਾ ਪੁਲਿਸ ਵੱਲੋਂ ਕੀਤਾ ਗਿਆ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਐਸ.ਪੀ. (ਹੈ/ਕੁ) ਰਵਨੀਤ ਸਿੰਘ ਵਿਰਕ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਜਸਪ੍ਰੀਤ ਸਿੰਘ, ਐਸ.ਪੀ. ਏ.ਐਸ. ਮਟਵਾਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ, ਕਰਮਚਾਰੀ ਤੇ ਹੋਰ ਪਤਵੰਤੇ ਮੌਜੂਦ ਸਨ।