ਦਿਹਾਤੀ ਖੇਤਰਾਂ ਦੇ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਦੇ ਕੇ ਸਵੈ ਰੋਜ਼ਗਾਰ ਦੀ ਦਰ ਵਿੱਚ ਵਾਧਾ ਕਰਨ ਲਈ ਲਗਾਤਾਰ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਅੱਜ ਭਵਾਨੀਗੜ੍ਹ ਦੇ ਪਿੰਡ ਸ਼ਾਹਪੁਰ ਵਿਖੇ ਆਯੋਜਿਤ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਪਹਿਲੇ ਬੈਚ ਤਹਿਤ ਤਿੰਨ ਮਹੀਂਿਨਆਂ ਦਾ ਕੋਰਸ ਮੁਕੰਮਲ ਕਰਨ ਵਾਲੇ ਜ਼ਿਲ੍ਹੇ ਦੇ 120 ਸਿਖਿਆਰਥੀਆਂ ਨੂੰ ਪ੍ਰਮਾਣ ਪੱਤਰਾਂ ਦੇ ਨਾਲ ਨਾਲ ਸਵੈ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਮੁਫ਼ਤ ਕੰਪਿਊਟਰ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਲੋੜਵੰਦਾਂ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਇਸ ਯੋਜਨਾ ਨੂ ੰਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਕਿਹਾ ਕਿ ਨੌਜਵਾਨ ਵਰਗ ਵਿੱਚ ਛੁਪੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਅਜਿਹੇ ਕੋਰਸ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ ਅਤੇ ਆਪਣੀ ਰੁਚੀ ਮੁਤਾਬਕ ਨੌਜਵਾਨ ਸਿਖਲਾਈ ਹਾਸਲ ਕਰਕੇ ਸਵੈ ਰੋਜ਼ਗਾਰ ਦੇ ਸਮਰੱਥ ਬਣਦੇ ਹਨ। ਉੁਨ੍ਹਾਂ ਕਿਹਾ ਕਿ ਸਿਖਲਾਈ ਕੋਰਸ ਤਹਿਤ ਪ੍ਰਾਰਥੀਆਂ ਨੂੰ ਉਨ੍ਹਾਂ ਦੀ ਦਿਲਚਸਪੀ ਮੁਤਾਬਕ 32 ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਮੁਢਲੀ ਤੇ ਤਕਨੀਕੀ ਸਿਖਲਾਈ ਪ੍ਰਦਾਨ ਕੀਤੀ ਗਈ ਹੈ ਅਤੇ ਹੌਲੀ ਹੌਲੀ ਇਹ ਪ੍ਰਾਰਥੀ ਆਪਣੇ ਕਿੱਤੇ ਦਾ ਵਿਸਥਾਰ ਕਰਨ ਦੇ ਸਮਰੱਥ ਬਣ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨਾ ਦਾ ਮਕਸਦ ਵੀ ਰਾਜ ਦੇ ਬੇਰੁਜ਼ਗਾਰ ਤੇ ਹੁਨਰਮੰਦ ਨੌਜਵਾਨਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਖੇਤਰਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ ਜਿਸ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਵੱਡਾ ਹੁੰਗਾਰਾ ਮਿਲਿਆ ਹੈ।ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਵਿੱਚ ਵੀ ਅਥਾਹ ਹੁਨਰ ਛੁਪਿਆ ਹੈ ਜਿਸ ਨੂੰ ਉਭਾਰ ਕੇ ਅੱਗੇ ਲਿਆਉਣ ਦੀ ਲੋੜ ਹੈ ਅਤੇ ਅਜਿਹੇ ਕੋਰਸਾਂ ਦੇ ਰਾਹੀਂ ਜਿਥੇ ਯੋਗ ਪ੍ਰਾਰਥੀਆਂ ਨੂੰ ਆਪਣੇ ਅਤੇ ਆਪਣੇ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਦਾ ਸਾਰਥਕ ਮੌਕਾ ਪ੍ਰਦਾਨ ਕੀਤਾ ਗਿਆ ਹੈ ਉਥੇ ਹੀ ਕੋਰਸ ਦਾ ਸਰਟੀਫਿਕੇਟ ਹਾਸਲ ਕਰਨ ਮਗਰੋਂ ਇਨ੍ਹਾਂ ਸਿਖਿਆਰਥੀਆਂ ਨੂੰ ਨੇੜ ਭਵਿੱਖ ਵਿੱਚ ਰੋਜ਼ਗਾਰ ਲਈ ਹੋਰ ਬਿਹਤਰ ਮੌਕੇ ਮਿਲ ਸਕਣਗੇ। ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਕੋਰਸਾਂ ਵਿੱਚ ਹਿੱਸਾ ਲੈਣ ਵਾਲੇ ਦਿਵਿਆਂਗ ਪ੍ਰਾਰਥੀਆਂ ਨੂੰ ਹੁਨਰਮੰਦ ਬਣਾਉਣ ਦੇ ਨਾਲ ਨਾਲ ਉਨ੍ਹਾਂ ਦੀ ਲੋੜ ਮੁਤਾਬਕ ਟਰਾਈਸਾਇਕਲ ਅਤੇ ਸਾਇਕਲ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਕਿ ਇਨ੍ਹਾਂ ਨੂੰ ਆਪਣੇ ਕੰਮਕਾਜ ਵਿੱਚ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆ ਸਕੇ।ਇਸ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਲੈਨਿਨ ਗਰਗ ਨੇ ਦੱਸਿਆ ਕਿ ਸਿਖਲਾਈ ਹਾਸਲ ਕਰਨ ਦੀ ਪ੍ਰਕਿਰਿਆ ਬੈਚਾਂ ਦੇ ਆਧਾਰ 'ਤੇ ਹੋਵੇਗੀ ਜਿਸ ਤਹਿਤ ਇੱਕ ਕੋਰਸ ਮੁਕੰਮਲ ਹੋਣ ਮਗਰੋਂ 120 ਹੋਰ ਸਿਖਿਆਰਥੀਆਂ ਨੂੰ ਟਰੇਨਿੰਗ ਦਿੱਤੀ ਜਾਵੇਗੀ ਅਤੇ ਇੰਜ ਹੀ ਇਹ ਸਿਲਸਿਲਾ ਚੱਲਦਾ ਰਹੇਗਾ ਅਤੇ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੀ ਦਰ ਵਿੱਚ ਵਾਧਾ ਹੋਵੇਗਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਪ੍ਰਦੀਪ ਕੱਦ, ਚੇਅਰਮੈਨ ਬਲਾਕ ਸੰਮਤੀ ਵਰਿੰਦਰ ਪੰਨਵਾਂ ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਪਿੰਡਾਂ ਦੇ ਮੋਹਤਬਰ ਹਾਜ਼ਰ ਸਨ।