ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਪੰਜਾਬ ਸਰਕਾਰ ਵੱਲੋਂ ਰਣਜੀਤ ਐਵੀਨਿਊ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਵਿੱਚ ਬੀਤੀ ਸ਼ਾਮ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖ਼ੀਆਂ ਨੂੰ ਸਟੇਜ 'ਤੇ ਰੂਪਮਾਨ ਹੁੰਦਾ ਵੇਖਿਆ। ਆਵਾਜ਼ ਤੇ ਰੌਸ਼ਨੀਆਂ 'ਤੇ ਅਧਾਰਤ ਇਸ ਪ੍ਰੋਗਰਾਮ ਦੇ ਅੱਜ ਦੇ ਸ਼ੋਅ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਪ੍ਰੇਰਕ ਪ੍ਰਸੰਗ ਵੇਖੇ।ਇਸ ਮੌਕੇ ਸੰਗਤਾਂ ਵਿੱਚ ਪਹੁੰਚੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਕਿ ਗੁਰੂ ਜੀ ਦੇ ਸਮੁੱਚੇ ਜੀਵਨ ਤੋਂ ਸਾਨੂੰ ਆਦਰਸ਼ ਜੀਵਨ ਜਾਚ ਦੀ ਸੋਝੀ ਮਿਲਦੀ ਹੈ। ਉਨਾਂ ਨੇ ਕਿਹਾ ਕਿ ਗੁਰੂ ਜੀ ਦੇ ਜੀਵਨ ਦੀ ਹਰੇਕ ਘਟਨਾ ਤੋਂ ਸਾਨੂੰ ਸਿੱਖਿਆ ਮਿਲਦੀ ਹੈ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਡੀ ਨਵੀਂ ਪੀੜ੍ਹੀ ਨੂੰ ਗੁਰੂ ਜੀ ਦੇ ਜੀਵਨ ਫਲਸਫ਼ੇ, ਉਨਾਂ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਦੇਣ ਲਈ ਇਹ ਸ਼ੋਅ ਤਿਆਰ ਕਰਵਾਇਆ ਗਿਆ ਹੈ ਅਤੇ ਸਾਨੂੰ ਸਾਰਿਆਂ ਨੂੰ ਇਹ ਸ਼ੋਅ ਵੇਖਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਇਸ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਉਪਰਾਲੇ ਰਾਹੀਂ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਵੀ ਫੈਲਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਬਹੁਤ ਹੀ ਬਾਰੀਕਬੀਨੀ ਨਾਲ ਡਿਜ਼ਾਇਨ ਕੀਤਾ ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰ ਰਿਹਾ ਹੈ। ਉਨਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖਿਲਾਫ਼ ਹਮੇਸ਼ਾਂ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ।ਸ਼ੋਅ ਦੇ ਪਹਿਲੇ ਦਿਨ ਹੀ ਸੰਗਤ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ, ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ।ਇਸ ਸ਼ੋਅ ਵਿੱਚ ਵੀ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਅਤੇ ਲੋਕਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕੀਤੀ।ਦੱਸਣਯੋਗ ਹੈ ਕਿ ਕੱਲ 10 ਫਰਵਰੀ ਨੂੰ ਵੀ ਲਾਈਟ ਐਂਡ ਸਾਊਂਡ ਸੋਅ ਦੇ ਦੋ ਸ਼ੋਅ ਕ੍ਰਮਵਾਰ 6 ਅਤੇ 7 ਵਜੇ ਹੋਣਗੇ। ਇਸ ਤੋਂ ਇਲਾਵਾ ਸਵੇਰ ਤੋਂ ਸ਼ਾਮ ਪੰਜ ਵਜੇ ਤੱਕ ਡਿਜ਼ੀਟਲ ਮਿਊਜ਼ੀਅਮ ਲੋਕਾਂ ਲਈ ਖੁੱਲਾ ਰਹੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਿਮਾਸ਼੍ਰੂੰ ਅਗਰਵਾਲ, ਕੌਂਸਲਰ ਸ੍ਰੀ ਵਿਕਾਸ ਸੋਨੀ, ਸ੍ਰੀ ਪਰਮਜੀਤ ਸਿੰਘ ਬੱਤਰਾ, ਐਸ ਡੀ ਐਮ ਸ੍ਰੀ ਵਿਕਾਸ ਹੀਰਾ, ਜਿਲ੍ਹਾ ਸਿੱਖਿਆ ਅਫ਼ਸਰ ਸ: ਸਲਵਿੰਦਰ ਸਿੰਘ ਸਮਰਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।